ਸੀਜੇਪੀ ਦੇ ਅੰਦੋਲਨ ਦੇ ਦਰਮਿਆਨ ਨੀਟ ਪੇਪਰ ਲੀਕ 'ਤੇ ਪੀਐੱਮ ਮੋਦੀ ਦਾ ਐਲਾਨ, ਕਾਕਰੋਚ ਜਨਤਾ ਪਾਰਟੀ ਨੇ ਦਿੱਤਾ ਇਹ ਜਵਾਬ

ਤਸਵੀਰ ਸਰੋਤ, Bloomberg via Getty Images
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਕਿਹਾ ਹੈ ਨੀਟ ਪੇਪਰ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇਗੀ।
ਵੀਰਵਾਰ ਸਵੇਰੇ ਆਪਣੇ ਐਕਸ ਅਕਾਊਂਟ 'ਤੇ ਸਾਂਝਾ ਕੀਤੀ ਇਸ ਪੋਸਟ ਵਿੱਚ ਪੀਐਮ ਨੇ ਕਿਹਾ ਕਿ ''ਦੇਸ਼ ਦੇ ਨੌਜਵਾਨਾਂ ਦੇ ਹਿੱਤ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਸਭ ਤੋਂ ਵੱਡੀ ਤਰਜੀਹ ਹਨ।''
ਉਨ੍ਹਾਂ ਅੱਗੇ ਕਿਹਾ, ''ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜਿੰਨੀ ਜਲਦੀ ਹੋ ਸਕੇ ਸਖ਼ਤ ਸਜ਼ਾ ਦੇਣ ਲਈ ਅਤੇ ਮਾਮਲਿਆਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਉਣ ਲਈ ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧ ਵਿੱਚ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਸੰਬੰਧਿਤ ਵਿਭਾਗ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ।''
ਉਨ੍ਹਾਂ ਲਿਖਿਆ, ''ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ, ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੇ ਸਿਲਸਿਲੇ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੈ।''
''ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ 'ਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।''

ਤਸਵੀਰ ਸਰੋਤ, @narendramodi/X
ਸੀਜੇਪੀ ਦਾ ਪ੍ਰਦਰਸ਼ਨ ਤੇ ਵਾਂਗਚੁਕ ਦੀ ਭੁੱਖ ਹੜਤਾਲ ਅਜੇ ਵੀ ਜਾਰੀ

ਤਸਵੀਰ ਸਰੋਤ, ANI
ਨੀਟ ਪੇਪਰ ਲੀਕ ਮਾਮਲੇ 'ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ 'ਤੇ ਸੀਜੇਪੀ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।
ਕਾਕਰੋਚ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਨੇ ਕਿਹਾ ਹੈ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈਕੇ ਕੋਈ ਸਮਝੌਤਾ ਨਹੀਂ ਹੋਵੇਗਾ।
ਕਾਕਰੋਚ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਕਿਹਾ, "ਮੈਂ ਸੋਨਮ ਵਾਂਗਚੁਕ ਨਾਲ ਕਈ ਵਾਰ ਗੱਲ ਕੀਤੀ। ਉਨ੍ਹਾਂ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਇਸ ਪ੍ਰਦਰਸ਼ਨ ਨੂੰ ਸਹੀ ਤਰੀਕੇ ਨਾਲ ਕਰਨ। ਇਸ ਦੇਸ਼ ਵਿੱਚ ਪਹਿਲਾਂ ਹੋਏ ਪ੍ਰਦਰਸ਼ਨਾਂ ਵਿੱਚ ਸੱਤਾਧਾਰੀ ਦਲ ਵੱਲੋਂ ਸਮਾਜ ਵਿਰੋਧੀ ਤੱਤਾਂ ਦੀ ਘੁਸਪੈਠ ਕਰਵਾਈ ਗਈ ਅਤੇ ਫਿਰ ਦੋਸ਼ ਅੰਦੋਲਨ 'ਤੇ ਮੜ੍ਹ ਦਿੱਤਾ ਗਿਆ। ਅਜਿਹਾ ਨਹੀਂ ਹੋਣਾ ਚਾਹੀਦਾ।"
ਕੇਂਦਰੀ ਮੰਤਰੀ ਜੇ.ਪੀ. ਨੱਡਾ ਦੀ ਪ੍ਰੈਸ ਕਾਨਫ਼ਰੈਂਸ 'ਤੇ ਉਨ੍ਹਾਂ ਨੇ ਕਿਹਾ, "ਲੋਕ ਇੱਥੇ 30 ਦਿਨਾਂ ਤੋਂ ਵੱਧ ਸਮੇਂ ਤੋਂ ਬੈਠੇ ਹਨ ਅਤੇ ਉਹ ਕਹਿ ਰਹੇ ਹਨ ਕਿ ਸਿਆਸਤ ਨਹੀਂ ਹੋਣੀ ਚਾਹੀਦੀ। ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈਕੇ ਕੋਈ ਸਮਝੌਤਾ ਨਹੀਂ ਹੋਵੇਗਾ, ਉਨ੍ਹਾਂ ਨੂੰ ਜਾਣਾ ਹੀ ਪਵੇਗਾ। ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ।"

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਇੱਕ ਪ੍ਰੈਸ ਕਾਨਫ਼ਰੈਂਸ ਕਰਕੇ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਇਸ ਅੰਦੋਲਨ ਵਿੱਚ ਸਿਆਸੀ ਰੋਟੀਆਂ ਸੇਕ ਰਹੀਆਂ ਹਨ।
ਦੂਜੇ ਪਾਸੇ, ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਅਜੇ ਵੀ ਜਾਰੀ ਹੈ।
ਉਨ੍ਹਾਂ ਬੁੱਧਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਸ਼ਾਂਤੀਪੂਰਨ ਪ੍ਰਦਰਸ਼ਨ ਲਈ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਐਫ਼ਆਈਆਰ ਦਰਜ ਨਾ ਕਰਨ ਦੀ ਮੰਗ ਕੀਤੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ




















