You’re viewing a text-only version of this website that uses less data. View the main version of the website including all images and videos.
ਬਰਨਾਲਾ ’ਚ ਮਹਿਲਾ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ: ਪੰਜਾਬ ਮਹਿਲਾ ਕਮਿਸ਼ਨ ਨੇ ਬੀਬੀਸੀ ਪੰਜਾਬੀ ਦੀ ਖ਼ਬਰ ਦਾ ਨੋਟਿਸ ਲਿਆ, ਪੁਲਿਸ ਕਾਰਵਾਈ ਦੀ ਜਾਂਚ ਦੇ ਹੁਕਮ
- ਲੇਖਕ, ਨਵਕਿਰਨ ਸਿੰਘ ਅਤੇ ਚਰਨਜੀਵ ਕੌਸ਼ਲ
- ਰੋਲ, ਬੀਬੀਸੀ ਸਹਿਯੋਗੀ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 8 ਮਿੰਟ
ਬਰਨਾਲਾ ਵਿੱਚ ਸਫਾਈ ਮਹਿਲਾ ਮੁਲਾਜ਼ਮਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਬੀਸੀ ਪੰਜਾਬੀ ਦੀ ਵੀਡੀਓ ਰਿਪੋਰਟ ਦਾ ਸੁਓ ਮੋਟੋ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਮਾਮਲੇ ਦੀ ਪੜਤਾਲ ਕਰਵਾ ਕੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਕੇ ਕਾਰਵਾਈ ਕਰਨ ਦੀ ਰਿਪੋਰਟ 28 ਜੁਲਾਈ ਤੱਕ ਭੇਜਣ ਲਈ ਕਿਹਾ ਹੈ।
ਦਰਅਸਲ ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹੜਤਾਲ 'ਤੇ ਹਨ। ਬਰਨਾਲਾ ਵਿੱਚ ਬੁੱਧਵਾਰ (22 ਜੁਲਾਈ) ਨੂੰ ਜਦੋਂ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਸਫ਼ਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਵਿਰੋਧ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਇਸ ਲਾਠੀਚਾਰਜ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਔਰਤਾਂ ਉੱਤੇ ਵੀ ਲਾਠੀਆਂ ਵਰਾਈਆਂ ਗਈਆਂ ਜਿਸ ਦਾ ਨੋਟਿਸ ਮਹਿਲਾ ਕਮਿਸ਼ਨ ਵੱਲੋਂ ਲਿਆ ਗਿਆ।
ਹਾਲਾਂਕਿ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਸਤੇ ਕਾਰਵਾਈ ਕੀਤੀ ਹੈ।
ਇਸ ਮਾਮਲੇ ਨੂੰ ਲੈ ਕੇ ਸਫਾਈ ਸੇਵਕਾਂ ਨੇ ਅੱਜ ਵੀ ਵੱਖ-ਵੱਖ ਥਾਵਾਂ 'ਤੇ ਰੋਸ ਮੁਜ਼ਾਹਰੇ ਜਾਰੀ ਰੱਖੇ। ਲਹਿਰਾਗਾਗਾ ਵਿੱਚ ਸਫਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਨੇ ਵੀ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ।
ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਵੀ ਰੋਸ ਮੁਜ਼ਾਹਰਾ ਕੀਤਾ ਗਿਆ।
ਰਾਜ ਮਹਿਲਾ ਕਮਿਸ਼ਨ ਨੇ ਕੀ ਕਿਹਾ?
ਇਸ ਘਟਨਾ ਦੀ ਵੀਡੀਓ ਅਤੇ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਮਲੇ ਨੂੰ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਨਾਲ ਜੁੜਿਆ ਗੰਭੀਰ ਮਾਮਲਾ ਮੰਨਦਿਆਂ ਸੁਓ ਮੋਟੋ ਨੋਟਿਸ ਲਿਆ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ "ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001" ਦੀ ਧਾਰਾ 12 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਨੋਟਿਸ ਲਿਆ ਹੈ।
ਕਮਿਸ਼ਨ ਨੇ ਕਿਹਾ, “ਬੀਬੀਸੀ ਨਿਊਜ਼ ਚੈਨਲ 'ਤੇ ਪ੍ਰਕਾਸ਼ਿਤ ਖ਼ਬਰ ਦੇ ਆਧਾਰ 'ਤੇ ਸਾਡੇ ਧਿਆਨ ਵਿੱਚ ਆਇਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਸਫਾਈ ਮੁਲਾਜ਼ਮਾਂ 'ਤੇ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ ਗਿਆ, ਜੋ ਕਿ ਬਹੁਤ ਹੀ ਅਪਮਾਨਜਨਕ ਹੈ।”
ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਜਾਂਚ ਕਰਵਾਉਣ, ਸਬੰਧਤ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ 28 ਜੁਲਾਈ 2026 ਤੱਕ ਕਮਿਸ਼ਨ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਬੁੱਧਵਾਰ (22 ਜੁਲਾਈ) ਨੂੰ ਕੀ ਹੋਇਆ ਸੀ?
ਬੁੱਧਵਾਰ ਨੂੰ ਬਰਨਾਲਾ ਵਿੱਚ ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਟਕਰਾਅ ਦੀ ਸਥਿਤੀ ਬਣ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਸਫਾਈ ਸੇਵਕ ਯੂਨੀਅਨ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਮਹਿਲਾ ਮੁਲਾਜ਼ਮਾਂ 'ਤੇ ਵੀ ਲਾਠੀਆਂ ਵਰ੍ਹਾਈਆਂ ਅਤੇ ਇਸ ਕਾਰਵਾਈ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਬੁੱਧਵਾਰ ਨੂੰ ਬਰਨਾਲਾ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਸੀ ਕਿ ਉਹ 8 ਜੁਲਾਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ।
ਉਨ੍ਹਾਂ ਕਿਹਾ, "ਜਦੋਂ ਸਾਨੂੰ ਪਤਾ ਲੱਗਿਆ ਕਿ ਬੀਐੱਸਡੀ ਕਾਲਜ ਕੋਲੋਂ ਕੂੜੇ ਦਾ ਡੰਪ ਚੁੱਕਿਆ ਜਾ ਰਿਹਾ ਹੈ ਤਾਂ ਅਸੀਂ ਸ਼ਾਂਤੀਮਈ ਵਿਰੋਧ ਕਰਨ ਪਹੁੰਚੇ ਸੀ। ਪੁਲਿਸ ਪ੍ਰਸ਼ਾਸਨ ਨੇ ਸਾਨੂੰ ਧੱਕੇ ਨਾਲ ਰੋਕਿਆ ਅਤੇ ਲਾਠੀਚਾਰਜ ਕੀਤਾ।"
ਗੁਲਸ਼ਨ ਕੁਮਾਰ ਨੇ ਦਾਅਵਾ ਕੀਤਾ ਕਿ ਲਾਠੀਚਾਰਜ ਵਿੱਚ ਉਨ੍ਹਾਂ ਦੇ ਕਈ ਸਾਥੀ ਜ਼ਖ਼ਮੀ ਹੋਏ ਅਤੇ ਦੋ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।
ਉਧਰ ਨਗਰ ਨਿਗਮ ਮਹਿਲਾ ਵਿੰਗ ਦੀ ਪ੍ਰਧਾਨ ਬਿੰਦੂ ਰਾਣੀ ਨੇ ਪੁਲਿਸ ਕਾਰਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ, "ਸਾਡੇ 'ਤੇ ਡਾਂਗਾਂ ਮਾਰੀਆਂ ਗਈਆਂ। ਅਸੀਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਾਂ। ਅਸੀਂ ਡਾਂਗਾਂ ਤੋਂ ਨਹੀਂ ਡਰਦੇ।"
ਬਿੰਦੂ ਰਾਣੀ ਨੇ ਕਿਹਾ ਕਿ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਮੰਗਾਂ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਅਦਾਲਤੀ ਹੁਕਮਾਂ ਮੁਤਾਬਕ ‘ਬਰਾਬਰ ਕੰਮ ਬਰਾਬਰ ਤਨਖਾਹ’ ਵਰਗੇ ਮੁੱਦਿਆਂ 'ਤੇ ਵੀ ਕਾਰਵਾਈ ਕਰਨੀ ਚਾਹੀਦੀ ਹੈ।
ਪੁਲਿਸ ਨੇ ਕੀ ਕਿਹਾ ਸੀ
ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਪੁਲਿਸ ਦੀ ਤਰਜੀਹ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀ ਸਫਾਈ ਦਾ ਕੰਮ ਕਰਵਾਉਣਾ ਹੈ।
ਉਨ੍ਹਾਂ ਕਿਹਾ, "ਪਿਛਲੇ ਕਾਫੀ ਸਮੇਂ ਤੋਂ ਨਗਰ ਨਿਗਮ ਦੇ ਸਫਾਈ ਕਰਮਚਾਰੀ ਹੜਤਾਲ 'ਤੇ ਹਨ, ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਵੱਡੇ ਢੇਰ ਲੱਗ ਗਏ ਹਨ। ਬਿਮਾਰੀਆਂ ਫੈਲਣ ਦਾ ਖ਼ਤਰਾ ਸੀ। ਸਿਵਲ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸਫਾਈ ਕਰਵਾਈ ਜਾ ਰਹੀ ਸੀ, ਜਿਸ ਦੌਰਾਨ ਧਰਨਾਕਾਰੀਆਂ ਵੱਲੋਂ ਵਿਰੋਧ ਕੀਤਾ ਗਿਆ।"
ਡੀਐੱਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਸਿਰਫ਼ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਰਵਾਈ ਕੀਤੀ ਗਈ।
ਹਾਲਾਂਕਿ, ਨਗਰ ਨਿਗਮ ਅਧਿਕਾਰੀਆਂ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਤੇ ਪ੍ਰਸ਼ਾਸਨ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਵਿੱਚ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਗੰਦਗੀ ਅਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਅੱਜ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ-ਮੁਜ਼ਾਹਰੇ
ਬਰਨਾਲਾ ਲਾਠੀਚਾਰਜ ਮਾਮਲੇ ਨੂੰ ਲੈ ਕੇ ਸਫਾਈ ਸੇਵਕਾਂ ਦਾ ਰੋਸ ਵੀਰਵਾਰ (23 ਜੁਲਾਈ) ਨੂੰ ਵੀ ਜਾਰੀ ਰਿਹਾ। ਸਫਾਈ ਸੇਵਕ ਯੂਨੀਅਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੁਜ਼ਾਹਰੇ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਅੱਜ ਬਰਨਾਲਾ ਵਿੱਚ ਜ਼ਖਮੀ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਅਤੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੇ ਦਾਣਾ ਮੰਡੀ ਵਿੱਚ ਰੈਲੀ ਕੀਤੀ।
ਰੈਲੀ ਤੋਂ ਬਾਅਦ ਮੁਜ਼ਾਹਰਾਕਾਰੀਆਂ ਨੇ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਤੇ ਬਰਨਾਲਾ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਆਗੂ ਨਰੈਣ ਦੱਤ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਖੁਸ਼ੀਆ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਇਲਜ਼ਾਮ ਲਗਾਇਆ ਕਿ ਬੁੱਧਵਾਰ (22 ਜੁਲਾਈ) ਨੂੰ ਬਰਨਾਲਾ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਮਰਦਾਂ ਅਤੇ ਔਰਤਾਂ ਨਾਲ ਬੇਰਹਿਮੀ ਕੀਤੀ ਗਈ ਅਤੇ ਕਈ ਕਰਮਚਾਰੀ ਜ਼ਖਮੀ ਹੋਏ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਘੱਟ ਤਨਖਾਹਾਂ 'ਤੇ ਕੰਮ ਕਰਦੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਪੁਲਿਸ ਕਾਰਵਾਈ ਦੀ ਨਿਆਂਇਕ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਡੀਐੱਸਪੀ ਸਤਵੀਰ ਸਿੰਘ ਬੈਂਸ ਤੇ ਐੱਸਐੱਚਓ ਲਖਵਿੰਦਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਫਾਈ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਵੀ ਕੀਤੀ ਗਈ।
ਨਗਰ ਨਿਗਮ ਬਰਨਾਲਾ ਦੇ ਦਫਤਰ ਅੱਗੇ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ।
ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਪਹੁੰਚੀਆਂ। ਇਨ੍ਹਾਂ ਨੇ ਪੁਲਿਸ ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਅਧਿਕਾਰੀਆਂ 'ਤੇ ਕਾਰਵਾਈ ਦੀ ਮੰਗ ਕੀਤੀ।
ਸਫਾਈ ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਲਹਿਰਾਗਾਗਾ ਵਿੱਚ ਹੋਇਆ ਮੁਜ਼ਾਹਰਾ
ਲਹਿਰਾਗਾਗਾ ਵਿੱਚ ਸਫਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਜਤਾਇਆ। ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਬਰਨਾਲਾ ਵਿੱਚ ਮਹਿਲਾ ਸਫਾਈ ਮੁਲਾਜ਼ਮਾਂ ਸਮੇਤ ਕਰਮਚਾਰੀਆਂ 'ਤੇ ਹੋਈ ਪੁਲਿਸ ਕਾਰਵਾਈ ਦੀ ਉਹ ਨਿੰਦਾ ਕਰਦੇ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਪ੍ਰਦਰਸ਼ਨ ਵਿੱਚ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕਰਕੇ ਸਫਾਈ ਸੇਵਕਾਂ ਨੂੰ ਸਮਰਥਨ ਦਿੱਤਾ। ਬਿਜਲੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਸਫਾਈ ਸੇਵਕਾਂ ਦੀਆਂ ਮੰਗਾਂ ਦੀ ਹਮਾਇਤ ਕਰਦੇ ਹਨ ਅਤੇ ਅਗਲੇ ਸੰਘਰਸ਼ਾਂ ਵਿੱਚ ਵੀ ਉਨ੍ਹਾਂ ਦਾ ਸਾਥ ਦੇਣਗੇ।
ਸਫਾਈ ਸੇਵਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਬਰਨਾਲਾ ਘਟਨਾ ਦੀ ਨਿੰਦਾ ਕਰਦਿਆਂ ਕਿਹਾ, "ਬਰਨਾਲੇ ਵਿੱਚ ਸਾਡੇ ਸਫਾਈ ਸੇਵਕਾਂ ਅਤੇ ਸਾਡੀਆਂ ਬੀਬੀਆਂ ਦੇ ਸਿਰਾਂ ਤੇ ਸਰੀਰਾਂ 'ਤੇ ਡਾਂਗਾਂ ਮਾਰੀਆਂ ਗਈਆਂ। ਜਿਹੜੇ ਤਰੀਕੇ ਨਾਲ ਸਾਡੇ ਮੁਲਾਜ਼ਮਾਂ ਨੂੰ ਕੁੱਟਿਆ ਗਿਆ, ਅਸੀਂ ਕਿਸੇ ਜਾਨਵਰ ਨੂੰ ਵੀ ਇਸ ਤਰ੍ਹਾਂ ਨਹੀਂ ਕੁੱਟਦੇ।"
ਉਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ, "ਅਸੀਂ ਮੰਗ ਕਰਦੇ ਹਾਂ ਕਿ ਡੀਐੱਸਪੀ ਸਤਬੀਰ ਸਿੰਘ ਬੈਂਸ ਨੂੰ ਸਸਪੈਂਡ ਕੀਤਾ ਜਾਵੇ ਅਤੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਕੀਤੀ ਜਾਵੇ।"
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।
ਬਿਜਲੀ ਮੁਲਾਜ਼ਮਾਂ ਨੇ ਦਿੱਤਾ ਸਮਰਥਨ
ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਮੈਂਬਰ ਪੂਰਨ ਸਿੰਘ ਖਾਈ ਨੇ ਕਿਹਾ ਕਿ ਉਹ ਸਫਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹਨ।
ਉਨ੍ਹਾਂ ਨੇ ਕਿਹਾ, "ਸਰਕਾਰ ਨੇ ਪਹਿਲਾਂ ਇਹਨਾਂ ਦੀਆਂ ਮੰਗਾਂ ਮੰਨ ਕੇ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਚੁੱਕੀ ਹੈ। ਅਸੀਂ ਬਿਜਲੀ ਮੁਲਾਜ਼ਮ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦੇ ਹਾਂ ਅਤੇ ਇਹਨਾਂ ਦੀ ਲੜਾਈ ਦਾ ਹਿੱਸਾ ਬਣਾਂਗੇ।"
ਬਿਜਲੀ ਬੋਰਡ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪਿਸ਼ੌਰ ਨੇ ਬਰਨਾਲਾ ਲਾਠੀਚਾਰਜ ਨੂੰ ਨਿੰਦਣਯੋਗ ਦੱਸਿਆ।
ਉਨ੍ਹਾਂ ਨੇ ਕਿਹਾ, "ਇਹ ਘਟਨਾ ਮਨੁੱਖੀ ਅਧਿਕਾਰਾਂ ਦੇ ਬਿਲਕੁਲ ਉਲਟ ਹੈ। ਸਾਡੀਆਂ ਮਾਵਾਂ ਅਤੇ ਭੈਣਾਂ ਨੂੰ ਘੜੀਸ-ਘੜੀਸ ਕੇ ਕੁੱਟਿਆ ਗਿਆ। ਅਜਿਹੇ ਵਤੀਰੇ ਦੀ ਘੋਰ ਨਿੰਦਾ ਕਰਦੇ ਹਾਂ।"
ਉਨ੍ਹਾਂ ਕਿਹਾ ਕਿ ਸਫਾਈ ਸੇਵਕ ਵਰਗ ਸ਼ਹਿਰਾਂ ਦੀ ਸਫਾਈ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਮੇਅਰ ਨੇ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਟੀਆ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਲਈ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ 'ਤੇ ਵਾਪਸ ਆਉਣ।
ਮੇਅਰ ਨੇ ਕਿਹਾ, "ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਸਰਕਾਰ ਅਤੇ ਸਫਾਈ ਸੇਵਕਾਂ ਨੂੰ ਵੀ ਕਿਹਾ ਗਿਆ ਹੈ ਕਿ ਇਸ ਮਾਮਲੇ ਨੂੰ ਐਸਮਾ ਦੇ ਤਹਿਤ ਵਿਚਾਰਿਆ ਜਾਵੇ। ਸਾਰੇ ਸਫਾਈ ਸੇਵਕ ਵੀਰ ਮੇਰੇ ਭਰਾ ਹਨ, ਮੇਰੇ ਪਰਿਵਾਰ ਦੇ ਮੈਂਬਰ ਹਨ। ਮੈਂ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਸਰਕਾਰ ਤੁਹਾਡੀਆਂ ਮੰਗਾਂ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਲਗਭਗ ਸਾਰੀਆਂ ਮੰਗਾਂ 'ਤੇ ਸਹਿਮਤ ਹੋ ਚੁੱਕੀ ਹੈ।"
ਉਨ੍ਹਾਂ ਅੱਗੇ ਕਿਹਾ, "ਇੱਕ-ਦੋ ਮੰਗਾਂ ਅਜਿਹੀਆਂ ਹਨ ਜੋ ਕੋਰਟ ਦੇ ਮਾਮਲੇ ਹੋਣ ਕਾਰਨ ਹੱਲ ਨਹੀਂ ਹੋ ਸਕਦੀਆਂ। ਮੌਨਸੂਨ ਦਾ ਸੀਜ਼ਨ ਚੱਲ ਰਿਹਾ ਹੈ। ਜੇਕਰ ਬਾਰਿਸ਼ਾਂ ਜ਼ਿਆਦਾ ਹੋ ਗਈਆਂ ਤਾਂ ਸ਼ਹਿਰ ਦੇ ਲੋਕਾਂ ਅਤੇ ਬੱਚਿਆਂ ਨੂੰ ਬਿਮਾਰੀਆਂ ਦੇ ਖਤਰੇ ਵਿੱਚ ਨਹੀਂ ਪਾ ਸਕਦੇ।"
ਮੇਅਰ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਬਹੁਤ ਜ਼ਰੂਰੀ ਹੈ ਅਤੇ ਜੇਕਰ ਗੰਦਗੀ ਵਧਦੀ ਰਹੀ ਤਾਂ ਕੋਲਰਾ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਖਤਰਾ ਵਧ ਸਕਦਾ ਹੈ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਲੋਕਾਂ ਦੇ ਹਿੱਤ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ